Ang 544
1 ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥
2 ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥
3 ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥
4 ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥
5 ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
6 ਬਿਹਾਗੜਾ ਮਹਲਾ ੫ ਘਰੁ ੨ ॥
7 ੴ ਸਤਿ ਨਾਮੁ ਗੁਰ ਪ੍ਰਸਾਦਿ ॥
8 ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
9 ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥
10 ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥
11 ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥
12 ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥
13 ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
14 ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥
15 ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥
16 ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥
17 ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥
18 ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥
19 ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥
20 ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥
21 ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥
22 ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥
23 ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥
24 ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥
25 ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥
26 ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥
27 ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥
28 ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥
29 ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥
30 ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥
31 ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥
32 ਬਿਹਾਗੜਾ ਮਹਲਾ ੫ ॥
33 ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥